ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਮਨਾਇਆ ਗਿਆ ਕੌਮਾਂਤਰੀ ਮਾਤ-ਭਾਸ਼ਾ ਦਿਵਸ

ਕੈਨੇਡਾ ਵਸਦੇ ਸ਼ਾਇਰ ਜਸਵਿੰਦਰ, ਹਰਦਮ ਮਾਨ, ਰਾਜਵੰਤ ਰਾਜ ਅਤੇ ਗਿਆਨ ਸਿੰਘ ਕੰਗ ਦਾ ਸਨਮਾਨ

ਪਟਿਆਲਾ, 24 ਫਰਵਰੀ (ਕਾਵਿ-ਸੰਸਾਰ ਬਿਊਰੋ) : ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੀ ਲਿਟਰੇਰ ਸੁਸਾਇਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਨਾ ਵਿਚਾਰ ਮੰਚ ਨਾਭਾ ਦੇ ਸਹਿਯੋਗ ਨਾਲ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਰੂ-ਬ-ਰੂ ਤੇ ਪੁਸਤਕ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕੈਨੇਡਾ ਤੋਂ ਆਏ ਗਜ਼ਲਗੋ ਜਸਵਿੰਦਰ (ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਵੀ), ਹਰਦਮ ਮਾਨ ਕੈਨੇਡਾ, ਰਾਜਵੰਤ ਰਾਜ ਕੈਨੇਡਾ ਅਤੇ ਗਿਆਨ ਸਿੰਘ ਕੰਗ ਪ੍ਰਧਾਨ, ਵਿਸ਼ਵ ਪੰਜਾਬੀ ਕਾਨਫਰੰਸ (ਰਜਿ.) ਟੋਰਾਂਟੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਮਾਗਮ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕੀਤੀ ਅਤੇ ਡਾ. ਮਾਨ ਸਿੰਘ ਢੀਂਡਸਾ (ਸੇਵਾ ਮੁਕਤ ਪ੍ਰੋਫੈਸਰ ਪੱਤਰ ਵਿਹਾਰ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।

ਪ੍ਰਿੰਸੀਪਲ ਪਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਤਰੱਕੀ ਕਰਨ ਲਈ ਮਾਤ-ਭਾਸ਼ਾ ਦੀ ਮਹੱਤਤਾ ਬਾਰੇ ਦੱਸਿਆ। ਸੁਸ਼ੀਲ ਦੁਸਾਂਝ ਨੇ ਕੌਮਾਂਤਰੀ ਮਾਤ-ਭਾਸ਼ਾ ਦਿਵਸ ਦੇ ਇਤਿਹਾਸਕ ਮਹੱਤਵ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਸ਼ਾਇਰ ਜਸਵਿੰਦਰ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਜਸਵਿੰਦਰ ਨੇ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਕੋਈ ਵਿਦਿਆਰਥੀ ਤਾਂ ਹੀ ਆਪਣਾ ਮੁਕਾਮ ਹਾਸਲ ਕਰ ਸਕਦਾ ਹੈ ਜੇਕਰ ਉਸ ਨੂੰ ਆਪਣੀ ਮਾਤ-ਭਾਸ਼ਾ ਦਾ ਗਿਆਨ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਤ ਅਤੇ ਕਿਤਾਬਾਂ ਨਾਲ ਸਾਂਝ ਪਾਉਣ ਲਈ ਪ੍ਰੇਰਿਆ। ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਕੁਝ ਗਜ਼ਲਾਂ ਵੀ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ। ਹਰਦਮ ਮਾਨ ਨੇ ਆਪਣੀਆਂ ਗਜ਼ਲਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਰਾਜਵੰਤ ਰਾਜ ਨੇ ਆਪਣੀ ਲਿਖਣ ਵਿਧਾ ਬਾਰੇ ਦੱਸਦਿਆਂ ਕਿਹਾ ਕਿ ਹਰ ਵਿਦਿਆਰਥੀ ਲੇਖਕ ਬਣ ਸਕਦਾ ਹੈ ਜੇਕਰ ਉਹ ਕਿਤਾਬਾਂ ਨਾਲ ਆਪਣੀ ਸਾਂਝ ਬਣਾਈ ਰੱਖੇ। ਉਨ੍ਹਾਂ ਆਪਣੀਆਂ ਕੁਝ ਗ਼ਜ਼ਲਾਂ ਵੀ ਪੇਸ਼ ਕੀਤੀਆਂ। ਗਿਆਨ ਸਿੰਘ ਕੰਗ ਨੇ ਦੱਸਿਆ ਕਿ ਉਹ ਵਿਸ਼ਵ ਪੰਜਾਬੀ ਕਾਨਫਰੰਸਾਂ ਰਾਹੀਂ ਦੁਨੀਆਂ ਦੇ ਪੰਜਾਬੀ ਪ੍ਰੇਮੀਆਂ ਅਤੇ ਸਾਹਿਤਕਾਰਾਂ ਨੂੰ ਇਕ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਹਿਤ ਉਹ ਹਮੇਸ਼ਾ ਆਪਣਾ ਯੋਗਦਾਨ ਪਾਉਂਦੇ  ਰਹਿਣਗੇ। ਉਨ੍ਹਾਂ ਨੇ ਵਿਸ਼ਵ ਪੰਜਾਬੀ ਕਾਨਫਰੰਸਾਂ ਦੇ ਨਾਂ ਤੇ ਪੰਜਾਬੀ ਲੋਕਾਂ ਤੋਂ ਲੁੱਟ ਖਸੁੱਟ ਕਰਨ ਵਾਲੇ ਅਨਸਰਾਂ ਤੋਂ ਸੁਚੇਤ ਹੋਣ ਦੀ ਵੀ ਅਪੀਲ ਕੀਤੀ। ਦਰਸ਼ਨ ਬੁੱਟਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜਨ ਅਤੇ ਪੰਜਾਬੀ ਮਾਤ-ਭਾਸ਼ਾ ਨੂੰ ਪੰਜਾਬ ਦੇ ਸਾਰੇ ਦਫ਼ਤਰਾਂ ਵਿੱਚ ਪੰਜਾਬੀ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ। ਪ੍ਰੋ. ਮਾਨ ਸਿੰਘ ਢੀਂਡਸਾ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਦੀ ਗੱਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਰੁਜ਼ਗਾਰ ਦੀ ਭਾਸ਼ਾ ਬਣਾਉਣ ਤੇ ਜ਼ੋਰ ਦਿੱਤਾ।

ਇਸ ਮੌਕੇ ਸ਼ਾਇਰ ਜਸਵਿੰਦਰ, ਹਰਦਮ ਮਾਨ, ਰਾਜਵੰਤ ਰਾਜ ਅਤੇ ਗਿਆਨ ਸਿੰਘ ਕੰਗ ਨੂੰ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸ਼ਾਇਰ ਜਸਵਿੰਦਰ ਦੀ ਸ਼ਾਹਮੁਖੀ ਵਿਚ ਪ੍ਰਕਾਸ਼ਿਤ ਪੁਸਤਕ ‘ਅਗਰਬੱਤੀ’ ਅਤੇ ਅਮਰੀਕਾ ਵਸਦੇ ਸ਼ਾਇਰ ਕੁਲਵਿੰਦਰ ਦੀ ਸ਼ਾਹਮੁਖੀ ਵਿਚ ਛਪੀ ਪੁਸਤਕ ‘ਸ਼ਾਮ ਦੀ ਸਾਖ ‘ਤੇ’ ਰਿਲੀਜ਼ ਕੀਤੀ ਗਈ। ਸਮਾਗਮ ਦੇ ਕਨਵੀਨਰ ਪ੍ਰੋ. ਇੰਦਰਜੀਤ ਸਿੰਘ ਚੀਮਾ ਨੇ ਅੰਤ ਵਿਚ ਸਭਨਾਂ ਮਹਿਮਾਨਾਂ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਡਾ. ਕੰਵਰ ਜਸਮਿੰਦਰ ਪਾਲ ਸਿੰਘ ਨੇ ਬਾਖੂਬੀ ਕੀਤਾ। ਇਸ ਪ੍ਰੋਗਰਾਮ ਵਿਚ ਹੋਰਨਾਂ ਤੋਂ ਇਲਾਵਾ ਡਾ. ਜਗਮੋਹਨ ਸ਼ਰਮਾ, ਪ੍ਰੋ. ਮੋਹਨ ਤਿਆਗੀ, ਬਲਵਿੰਦਰ ਸੰਧੂ, ਸੁਖਵਿੰਦਰ ਸੁੱਖੀ, ਸੁਰਿੰਦਰਜੀਤ ਚੌਹਾਨ ਸ਼ਾਮਲ ਸਨ।

Related Articles

- Advertisement -spot_img

Latest Articles